ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਜਲੰਧਰ ‘ਚ ਭਰਵਾਂ ਸਮਰਥਨ ਮਿਲਿਆ ਤੇ ਇਸ ਦੌਰਾਨ ਜਿੱਥੇ ਕਿਸਾਨਾਂ ਨੇ 5 ਘੰਟੇ ਤੋਂ ਵੀ ਵੱਧ ਸਮਾਂ ਰਾਸ਼ਟਰ ਰਾਜ ਮਾਰਗ ਜਾਮ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ, ਉੱਥੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ‘ਚ ਵੀ ਦੁਕਾਨਦਾਰਾਂ ਤੇ ਵਪਾਰੀਆਂ ਨੇ ਦੁਕਾਨਾਂ ਤੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਘਰਸ਼ ਦਾ ਡਟ ਕੇ ਸਮਰਥਨ ਕੀਤਾ |
ਪੀ.ਏ.ਪੀ. ਚੌਕ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂ ਸਵੇਰੇ 10 ਵਜੇ ਹੀ ਧਰਨੇ ‘ਤੇ ਬੈਠ ਗਏ ਤੇ ਇਸ ਦੌਰਾਨ ਕਿਸਾਨਾਂ ਵਲੋਂ ਮੋਦੀ ਸਰਕਾਰ ਦੇ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕਰਦੇ ਹੋਏ ਪਾਸ ਕੀਤੇ ਕਿਸਾਨੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ | ਇਸ ਮੌਕੇ ਕਿਸਾਨਾਂ ਦੇ ਸਮਰਥਨ ‘ਚ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵੀ ਇਸ ਧਰਨੇ ‘ਚ ਸ਼ਮੂਲੀਅਤ ਕਰਦੇ ਹੋਏ ਕਿਸਾਨੀ ਮੰਗਾਂ ਦੀ ਹਮਾਇਤ ਕੀਤੀ |