ਪਰਾਲੀ ਸਾੜਨਾ ਹੁਣ ਅਪਰਾਧ ਨਹੀਂ: ਤੋਮਰ

168

ਚੰਡੀਗੜ੍ਹ, 27 ਨਵੰਬਰ- ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਹੁਣ ਦੇਸ਼ ਵਿੱਚ ਪਰਾਲੀ ਸਾੜਨਾ ਅਪਰਾਧ ਦੀ ਸ਼੍ਰੇਣੀ ਵਿੱਚ ਨਹੀਂ ਆਵੇਗਾ। ਉਨ੍ਹਾਂ ਅੱਜ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਇਹ ਵੱਡੀ ਮੰਗ ਸੀ ਕਿ ਪਰਾਲੀ ਸਾੜਨ ਨੂੰ ਅਪਰਾਧ ਦੀ ਸ਼੍ਰੇਣੀ ਤੋਂ ਬਾਹਰ ਰੱਖਿਆ ਜਾਵੇ। ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਇਸ ਮੰਗ ਨੂੰ ਪ੍ਰਵਾਨ ਕਰ ਲਿਆ ਹੈ। ਦਰਅਸਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ 10 ਦਸੰਬਰ 2015 ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਹੁਣ ਕਿਸਾਨ ਅੰਦੋਲਨ ਦਾ ਕੋਈ ਜਾਇਜ਼ ਨਹੀਂ ਹੈ। ਕਿਸਾਨਾਂ ਨੂੰ ਵੱਡਾ ਦਿਲ ਦਿਖਾਉਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਦੇ ਐਲਾਨ ਦਾ ਸਨਮਾਨ ਕਰਦੇ ਹੋਏ ਘਰ ਪਰਤਣਾ ਯਕੀਨੀ ਬਣਾਓ।

ਕੇਂਦਰ ਸਰਕਾਰ ਲੋਕ ਸਭਾ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਵਾਂ ਬਿੱਲ 29 ਨਵੰਬਰ ਨੂੰ ਪੇਸ਼ ਕਰੇਗੀ। ਇਹ ਬਿੱਲ ਲੋਕ ਸਭਾ ਵਿਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਗਿਆ ਹੈ। ਇਸ ਨੂੰ ਰੱਦ ਕਰਨ ਦਾ ਕਾਰਨ ਇਹ ਦਿੱਤਾ ਗਿਆ ਹੈ ਕਿ ਕਿਸਾਨਾਂ ਦਾ ਇਕ ਛੋਟਾ ਸਮੂਹ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ ਤੇ ਦੇਸ਼ ਦੇ ਵਿਕਾਸ ਲਈ ਸਾਰੇ ਕਿਸਾਨਾਂ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਲੋੜ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਇਸ ਬਿੱਲ ਨੂੰ ਹੇਠਲੇ ਸਦਨ ਵਿੱਚ ਪੇਸ਼ ਕਰਨਗੇ। ਸੱਤਾਧਾਰੀ ਭਾਜਪਾ ਅਤੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਆਪਣੇ ਸੰਸਦ ਮੈਂਬਰਾਂ ਨੂੰ ਇਸ ਦਿਨ ਸੰਸਦ ਦੇ ਸੈਸ਼ਨ ਵਿਚ ਹਾਜ਼ਰ ਰਹਿਣ ਲਈ ਵ੍ਹਿੱਪ ਜਾਰੀ ਕੀਤਾ ਹੈ।